ਨਸ਼ੇ ਦੇ ਮੁੱਦੇ ’ਤੇ ਆਵਾਜ਼ ਚੁੱਕਣ ਵਾਲੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੂਰੀ ਤਰਾਂ ਪਰਿਵਾਰ ਨਾਲ ਖੜੇ ਹਾਂ – ਮਨਪ੍ਰੀਤ ਸਿੰਘ ਇਯਾਲੀ
ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ;
ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਤੂਰ ਬੰਜਾਰਾ (ਦਿੜ੍ਹਬਾ) ਦੇ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਗੁਲਜ਼ਾਰ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਬਾਪੂ ਤਰਸੇਮ ਸਿੰਘ ਨੇ ਇਸ ਘਟਨਾ ਲਈ ਖਜਾਨਾ ਮੰਤਰੀ ਹਰਪਾਲ ਚੀਮਾ ਨੂੰ ਪੂਰੀ ਤਰਾਂ ਜ਼ਿੰਮੇਵਾਰ ਕਰਾਰ ਦਿੱਤਾ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਖਜਾਨਾ ਮੰਤਰੀ ਹਰਪਾਲ ਚੀਮਾ ਨੂੰ ਨੈਤਿਕਤਾ ਦੇ ਅਧਾਰ ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਖਜਾਨਾ ਮੰਤਰੀ ਹਰਪਾਲ ਚੀਮਾ ਨੂੰ ਬਚਾਅ ਰਹੀ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਦੋਂ ਤੱਕ ਹਰਪਾਲ ਚੀਮਾ ਦਾ ਅਸਤੀਫਾ ਨਹੀਂ ਹੋ ਜਾਂਦਾ, ਉਦੋਂ ਤੱਕ ਅਕਾਲੀ ਦਲ “ਵਾਰਿਸ ਪੰਜਾਬ ਦੇ” ਜੱਥੇਬੰਦੀ ਚੁੱਪ ਕਰਕੇ ਨਹੀਂ ਬੈਠੇਗੀ, ਆਉਣ ਵਾਲੇ ਦਿਨਾਂ ਵਿੱਚ ਹਰਪਾਲ ਚੀਮਾ ਦੇ ਅਸਤੀਫ਼ਾ ਤੱਕ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ,ਸਰਕਾਰ ਨੇ ਪਿੰਡ ਸ਼ੇਰੋਂ ਦੀ ਘਟਨਾ ਤੋਂ ਸਬਕ ਨਹੀਂ ਲਿਆ ਬਲਕਿ ਨਸ਼ੇ ਖਿਲਾਫ ਅਵਾਜ ਚੁੱਕਣ ਵਾਲਿਆਂ ਨੂੰ ਡਰਾਉਣ ਧਮਕਾਉਣ ਦੀ ਨੀਤੀ ਨੂੰ ਅਪਣਾਇਆ। ਸਰਕਾਰ ਦੀ ਏਸੇ ਦਮਨਕਾਰੀ ਨੀਤੀ ਦੇ ਚਲਦੇ ਗੁਲਜ਼ਾਰ ਸਿੰਘ ਨੂੰ ਆਪਣੀ ਜਾਨ ਦੇਣ ਲਈ ਮਜਬੂਰ ਕੀਤਾ ਗਿਆ।
ਸਰਦਾਰ ਇਯਾਲੀ ਨੇ ਕਿਹਾ ਕਿ, ਮ੍ਰਿਤਕ ਗੁਲਜ਼ਾਰ ਸਿੰਘ ਨੇ ਪਿੰਡ ਤੂਰ ਬੰਜਾਰਾ ਦੀ ਸੱਥ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਪਣੇ ਪੁੱਤਰ ਦੇ ਚਿੱਟੇ ਦੇ ਨਸ਼ੇ ਦੀ ਲਤ ਅਤੇ ਪਿੰਡ ਵਿੱਚ ਕਥਿਤ ਤੌਰ ’ਤੇ ਵਿਕ ਰਹੇ ਨਸ਼ੇ ਸਬੰਧੀ ਗੰਭੀਰ ਗੱਲਾਂ ਸਾਹਮਣੇ ਰੱਖੀਆਂ ਸਨ। ਇਸ ਸੱਚਾਈ ਨੂੰ ਸਾਹਮਣੇ ਲਿਆਉਣ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਸਰਕਾਰੀ ਅਤੇ ਸਿਆਸੀ ਦਬਾਅ ਹੇਠ ਕਥਿਤ ਤੌਰ ’ਤੇ ਜਲੀਲ, ਡਰਾਇਆ,ਧਮਕਾਇਆ ਗਿਆ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ, ਜਿਸ ਕਰਕੇ ਪੀੜਤ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਸਰਦਾਰ ਇਯਾਲੀ ਨੇ ਕਿਹਾ ਕਿ ਮ੍ਰਿਤਕ ਗੁਲਜ਼ਾਰ ਸਿੰਘ ਵੱਲੋਂ ਮੌਤ ਤੋਂ ਪਹਿਲਾਂ ਦਿੱਤੇ ਗਏ ਬਿਆਨਾਂ ਨੂੰ ਜਾਂਚ ਦਾ ਅਹਿਮ ਹਿੱਸਾ ਬਣਾਇਆ ਜਾਵੇ ਅਤੇ ਉਨ੍ਹਾਂ ਵਿੱਚ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਤਰੀਕੇ ਨਾਲ ਜਾਂਚ ਕੀਤੀ ਜਾਵੇ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਇਸ ਮਾਮਲੇ ਵਿੱਚ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ












