ਨਵੀਂ ਦਿੱਲੀ, 9 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਉਲੀਕੇ ਜਾਣ ਵਾਲੇ ਹਰ ਸੰਘਰਸ਼ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਧ-ਚੜ੍ਹ ਕੇ ਸਹਿਯੋਗ ਦੇਵੇਗੀ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਚੰਡੀਗੜ੍ਹ ਵਿਖੇ ਮੋਰਚੇ ਦੀ ਅਹਿਮ ਮੀਟਿੰਗ ਦੌਰਾਨ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅੱਜ ਸਿੱਖ ਕੌਮ ਦਾ ਸਭ ਤੋਂ ਵੱਡਾ ਮਸਲਾ ਹੈ ਅਤੇ ਇਸ ਲਈ ਦਿੱਲੀ ਕਮੇਟੀ ਹਰ ਜ਼ਿੰਮੇਵਾਰੀ ਅੱਗੇ ਹੋ ਕੇ ਨਿਭਾਏਗੀ। ਉਨ੍ਹਾਂ ਮਾਰਚ ਨੂੰ ਦੇਸ਼-ਵਿਆਪੀ ਬਣਾਉਣ ਲਈ ਯੂ.ਪੀ., ਉੱਤਰਾਖੰਡ, ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਤੋਂ ਸਿੱਖਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸੋਸ਼ਲ ਮੀਡੀਆ ਦਾ ਮਜ਼ਬੂਤ ਵਿੰਗ ਬਣਾਉਣ ’ਤੇ ਵੀ ਜ਼ੋਰ ਦਿੱਤਾ। ਕਾਲਕਾ ਨੇ ਮੋਰਚੇ ਨੂੰ ਸਿਆਸੀ ਮਕਸਦ ਵਾਲੇ ਤੱਤਾਂ ਅਤੇ ਸੰਭਾਵੀ ਏਜੰਸੀ ਘੁਸਪੈਠ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਢੇ ਤਿੰਨ ਸਾਲਾਂ ਤੋਂ ਚੱਲ ਰਿਹਾ ਇਹ ਸੰਘਰਸ਼ ਹੁਣ ਨਿਰਣਾਇਕ ਮੋੜ ’ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਦਹਾਕਿਆਂ ਜੇਲ੍ਹਾਂ ਵਿੱਚ ਗੁਜ਼ਾਰੇ ਹਨ, ਉਨ੍ਹਾਂ ਦੇ ਮਾਮਲੇ ਨੂੰ ਨਿੱਜੀ ਜਾਂ ਸਿਆਸੀ ਹਿੱਤਾਂ ਤੋਂ ਉੱਪਰ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਨਾਲ ਗੱਲਬਾਤ ਲਈ ਬਣਾਈ ਜਾਣ ਵਾਲੀ ਟੀਮ ਨੂੰ ਦਿੱਲੀ ਕਮੇਟੀ ਵੱਲੋਂ ਜਿਹੜੀ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ।












