ਲੁਧਿਆਣਾ, 12 ਸਤੰਬਰ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਅਦਾਲਤੀ ਕੰਪਲੈਕਸ ਦੇ ਅੰਦਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਅਦਾਲਤ ਵਿੱਚ ‘ਨੈਸ਼ਨਲ ਲੋਕ ਅਦਾਲਤ’ ਦੀ ਕਾਰਵਾਈ ਚੱਲ ਰਹੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਾਈ ਅਲਰਟ ‘ਤੇ ਆ ਗਿਆ ਅਤੇ ਡੌਗ ਸਕੁਐਡ ਤੇ ਬੰਬ ਨਿਰੋਧਕ ਦਸਤੇ ਨੇ ਪੂਰੇ ਕੰਪਲੈਕਸ ਦੀ ਸਖ਼ਤ ਤਲਾਸ਼ੀ ਸ਼ੁਰੂ ਕਰ ਦਿੱਤੀ।
ਅੱਜ 12 ਸਤੰਬਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਧਿਕਾਰਤ ਈਮੇਲ ਆਈਡੀ ‘ਤੇ ਇੱਕ ਈਮੇਲ ਪ੍ਰਾਪਤ ਹੋਈ ਸੀ। ਈਮੇਲ ਭੇਜਣ ਵਾਲੇ ਨੇ ‘ਖਾਲਿਸਤਾਨ ਨੈਸ਼ਨਲ ਆਰਮੀ’ ਅਤੇ ‘ਬੱਬਰ ਖਾਲਸਾ (ਪਰਮਾਰ-ਕੈਨੇਡਾ)’ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ। ਇਸ ਈਮੇਲ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਸੀ।
ਇਸ ਧਮਕੀ ਭਰੀ ਈਮੇਲ ਵਿੱਚ ਨਾ ਸਿਰਫ਼ ਲੁਧਿਆਣਾ ਜ਼ਿਲ੍ਹਾ ਅਦਾਲਤ ਅਤੇ ਲੋਕ ਅਦਾਲਤ, ਸਗੋਂ ਮੋਹਾਲੀ-ਹਲਵਾਰਾ ਹਵਾਈ ਅੱਡੇ ‘ਤੇ ਵੀ ਹਿੰਸਕ ਹਮਲੇ ਕਰਨ ਦੀ ਚੇਤਾਵਨੀ ਦਿੱਤੀ ਗਈ। ਇਸ ਤੋਂ ਇਲਾਵਾ, ਕੁਝ ਸਿਆਸੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।












