ਸੰਗਰੂਰ 14 ਸਤੰਬਰ ,ਬੋਲੇ ਪੰਜਾਬ ਬਿਊਰੋ;
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਣਜੀਤ ਸਿੰਘ , ਹਨੀ ਗਰਗ ਅਤੇ ਪਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਜਿਲਾ ਪਟਿਆਲਾ ਵਿਖੇ ਇੱਕ ਹੰਗਾਮੀ ਮੀਟਿੰਗ ਕੀਤੀ ਗਈ । ਜਿਸ ਵਿੱਚ ਜਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਮਿਤ ਕੁਮਾਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੰਦੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ।
ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ-ਕਮੇਟੀ ਨਾਲ ਪਿਛਲੀਆਂ ਮੀਟਿੰਗਜ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ,ਪਟਿਆਲਾ ਦੇ ਜਿਲ੍ਹਾ ਜਰਨਲ ਸਕੱਤਰ ਧਿਆਨ ਸਿੰਘ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੇਹਰਾ, ਦਵਿੰਦਰ ਸਿੰਘ ਪਾਤੜਾਂ , ਰਵਿੰਦਰ ਸਿੰਘ ਸੈਣੀ, ਅਮਨਦੀਪ ਕੌਰ ਵਾਲੀਆ, ਸੀਮਾ ਰਾਣੀ ਸਮਾਣਾ, ਗੁਰਪ੍ਰੀਤ ਸਿੰਘ ਰਾਜਪੁਰਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਕਪੂਰੀ, ਰਵਿੰਦਰ ਸਿੰਘ, ਉਧਮ ਸਿੰਘ ਅਤੇ ਸ਼ਿੰਦਰ ਪਾਲ ਜੀ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਪਟਿਆਲਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਇਸ ਮੌਕੇ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 116 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।ਇਸ ਸਮੇ ਜਿਲ੍ਹਾ ਪਟਿਆਲਾ ਦੇ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜਰ ਸਨ।












