ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ; ਸਰਕਾਰ ਨੂੰ 2 ਅਕਤੂਬਰ ਤੱਕ ਦਾ ਅਲਟੀਮੇਟਮ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ / ਮੋਹਾਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ:
ਅੱਜ ਪੰਜਾਬ ਭਰ ਤੋਂ ਪਹੁੰਚੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦੇ ਸਾਹਮਣੇ ਸਵੇਰ ਤੋਂ ਭਾਰੀ ਧੁੱਪ ਵਿੱਚ ਇੱਕ ਵਿਸ਼ਾਲ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਪੰਜਾਬ ਸਰਕਾਰ ਅਤੇ ਕਿਰਤ ਕਮਿਸ਼ਨ ਪੰਜਾਬ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਲੰਮਾ ਸਮਾਂ ਕੋਈ ਵੀ ਉੱਚ ਅਧਿਕਾਰੀ ਮੁਲਾਜ਼ਮਾਂ ਦੀ ਸਾਰ ਲੈਣ ਨਹੀਂ ਪਹੁੰਚਿਆ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਕਰਮਚਾਰੀਆਂ ਨੇ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਕੇ ਧਰਨਾ ਲਗਾ ਦਿੱਤਾ। ਧਰਨੇ ਦੀ ਤੀਬਰਤਾ ਨੂੰ ਦੇਖਦਿਆਂ ਡਿਪਟੀ ਲੇਬਰ ਕਮਿਸ਼ਨਰ ਬਲਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮੁਲਾਜ਼ਮਾਂ ਦਾ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਹੀ ਘੱਟੋ-ਘੱਟ ਉਜਰਤਾਂ ਅਤੇ ਕਿਰਤ ਕਾਨੂੰਨ ਲਾਗੂ ਕਰਵਾਏ ਜਾਣਗੇ, ਜਿਸ ਤੋਂ ਬਾਅਦ ਗੇਟ ਖੋਲ੍ਹ ਕੇ ਧਰਨਾ ਸਮਾਪਤ ਕੀਤਾ ਗਿਆ।
ਇਸ ਮੌਕੇ ਯੂਨੀਅਨ ਵੱਲੋਂ ਆਪਣੀਆਂ ਮੁੱਖ ਮੰਗਾਂ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ ਦੱਸਿਆ ਗਿਆ ਕਿ ਗ੍ਰੈਜੂਏਟ ਮੁਲਾਜ਼ਮਾਂ ਨੂੰ ਮੌਜੂਦਾ ਸਮੇਂ ਸਿਰਫ਼ 14,000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ, ਜਦੋਂ ਕਿ ਨਿਯਮਾਂ ਤਹਿਤ ਘੱਟੋ-ਘੱਟ ਉਜਰਤ 17,500 ਰੁਪਏ ਬਣਦੀ ਹੈ, ਜੋ ਕਿ ਤੁਰੰਤ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਵੱਲੋਂ ਕਿਰਤ ਕਾਨੂੰਨਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਤੋਂ ਬਿਨਾਂ ਕਿਸੇ ਓਵਰਟਾਈਮ ਪੇਅ ਦੇ 9-9 ਘੰਟੇ ਕੰਮ ਲਿਆ ਜਾ ਰਿਹਾ ਹੈ। ਨਾਲ ਹੀ ਸਕਿਉਰਟੀ ਗਾਰਡਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ, ਬੋਨਸ ਅਤੇ ਬਣਦੀਆਂ ਛੁੱਟੀਆਂ ਦੇਣ ਤੋਂ ਇਨਕਾਰ ਕਰਨ ਵਰਗੀਆਂ ਧੱਕੇਸ਼ਾਹੀਆਂ ਦਾ ਵੀ ਤੁਰੰਤ ਨੋਟਿਸ ਲਿਆ ਜਾਵੇ।


ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਆਖਿਆ ਕਿ ਸਰਕਾਰ ਅਤੇ ਵਿਭਾਗ ਇਨ੍ਹਾਂ ਕਰਮਚਾਰੀਆਂ ਨੂੰ ਇਕੱਲਾ ਨਾ ਸਮਝੇ, ਇਨ੍ਹਾਂ ਦੀ ਪਿੱਠ ਪਿੱਛੇ ‘ਪੰਜਾਬ ਏਟਕ’ ਵਰਗੀ ਵੱਡੀ ਅਤੇ ਮਜ਼ਬੂਤ ਜਥੇਬੰਦੀ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦੀ ਇਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਪੰਜਾਬ ਏਟਕ ਇਸ ਸੰਘਰਸ਼ ਨੂੰ ਖ਼ੁਦ ਅੱਗੇ ਹੋ ਕੇ ਲੜੇਗੀ ਅਤੇ ਪੂਰੇ ਪੰਜਾਬ ਵਿੱਚ ਤਿੱਖਾ ਸੰਘਰਸ਼ ਛੇੜਿਆ ਜਾਵੇਗਾ।
ਇਸ ਦੇ ਨਾਲ ਹੀ, ਪੰਜਾਬ ਏਟਕ ਦੇ ਸੂਬਾ ਮੀਤ ਪ੍ਰਧਾਨ ਵਿਨੋਦ ਚੁੱਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਕਿਰਤ ਕਮਿਸ਼ਨਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਸਮੇਂ ਤੱਕ ਘੱਟੋ-ਘੱਟ ਉਜਰਤਾਂ ਅਤੇ ਕਿਰਤ ਕਾਨੂੰਨ ਲਾਗੂ ਨਹੀਂ ਕੀਤੇ ਗਏ, ਤਾਂ 2 ਅਕਤੂਬਰ ਤੋਂ ਬਾਅਦ ਪੰਜਾਬ ਭਰ ਵਿੱਚ ਕਿਰਤ ਕਮਿਸ਼ਨਰ ਅਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਜਾਣਗੇ।
ਯੂਨੀਅਨ ਆਗੂਆਂ—ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਜਨਰਲ ਸਕੱਤਰ ਗੁਰਸੇਵਕ ਸਿੰਘ, ਉਪ ਪ੍ਰਧਾਨ ਮੋਹਿਨੀ ਸ਼ਰਮਾ ਅਤੇ ਹੋਰਨਾਂ ਆਗੂਆਂ (ਕੁਲਵਿੰਦਰ ਸਿੰਘ ਮਲੇਰਕੋਟਲਾ, ਦਵਿੰਦਰ ਬਾਂਸਲ ਮੋਗਾ, ਨਵਨੀਤ ਡੋਗਰਾ ਗੁਰਦਾਸਪੁਰ, ਜਤਿੰਦਰ ਸਿੰਘ ਪਟਿਆਲਾ, ਸਤਨਾਮ ਸਿੰਘ ਲੁਧਿਆਣਾ ਅਤੇ ਸੇਂਬਰ ਸਿੰਘ ਬਰਨਾਲਾ) ਨੇ ਚੇਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਪੂਰੇ ਪੰਜਾਬ ਦੇ ਸਮੂਹ ਸੇਵਾ ਕੇਂਦਰ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੇ ਜਾਣਗੇ ਅਤੇ ਮੋਹਾਲੀ ਵਿਖੇ ਕਿਰਤ ਕਮਿਸ਼ਨਰ ਦਫ਼ਤਰ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।