ਅੰਮ੍ਰਿਤਸਰ 16 ਸਤੰਬਰ ,ਬੋਲੇ ਪੰਜਾਬ ਬਿਊਰੋ;
ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਸਰਹੱਦ ਪਾਰ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 27 ਕਿਲੋਗ੍ਰਾਮ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ।
ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ (ਟਵਿੱਟਰ) ਰਾਹੀਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਦੁਬਈ ਆਧਾਰਤ ਆਪਰੇਟਿਵ ਅਤੇ ਸਰਹੱਦ ਪਾਰ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ। ਉਹ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਨਸ਼ੀਲੇ ਪਦਾਰਥ ਅਤੇ ਹਥਿਆਰ ਅੱਗੇ ਸਪਲਾਈ ਕਰ ਰਹੇ ਸਨ।ਇਸ ਸਬੰਧ ਵਿੱਚ ਪੁਲੀਸ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ। ਤਸਕਰੀ ਨੈੱਟਵਰਕ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।












