ਭਾਜਪਾ ਸਰਕਾਰ ਆਉਣ ’ਤੇ ਛੇ ਮਹੀਨਿਆਂ ’ਚ ਤੋੜਾਂਗੇ ਪੰਜਾਬ ਦਾ ਨਸ਼ਾ ਨੈੱਟਵਰਕ: Shivraj Singh Chouhan

ਚੰਡੀਗੜ੍ਹ ਪੰਜਾਬ

ਬਠਿੰਡਾ 21 ਸਤੰਬਰ ,ਬੋਲੇ ਪੰਜਾਬ ਬਿਊਰੋ;

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਭਾਜਪਾ ਦੀ ਚੌਥੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਵਿੱਚੋਂ ਨਸ਼ਿਆਂ ਦੀ ਸਪਲਾਈ ਚੇਨ, ਇਸ ਦੇ ਨੈੱਟਵਰਕ ਅਤੇ ਤਸਕਰਾਂ ਦੀਆਂ ਜਾਇਦਾਦਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਸਿੱਧਾ ਸੁਨੇਹਾ ਲੈ ਕੇ ਪੰਜਾਬ ਆਏ ਹਨ।

ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਤਲਵੰਡੀ ਸਾਬੋ ਦੀ ਦਾਣਾ ਮੰਡੀ ’ਚ ਕਰਵਾਈ ਰੈਲੀ ਦੌਰਾਨ ਉਨ੍ਹਾਂ ਰੈਲੀ ਰੋਕਣ ਦੇ ਕਥਿਤ ਯਤਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸੇਧੇ। ਚੌਹਾਨ ਨੇ ਚੁਣੌਤੀ ਦਿੰਦਿਆਂ ਕਿਹਾ, “ਮੈਂ ਪੰਜਾਬ ਵਾਰ-ਵਾਰ ਆਵਾਂਗਾ, ਜੇਕਰ ਹਿੰਮਤ ਹੈ ਤਾਂ ਮੈਨੂੰ ਰੋਕ ਕੇ ਦਿਖਾਓ।” ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਵਿਰਾਸਤ ਨੂੰ ਯਾਦ ਕਰਦਿਆਂ ਉਨ੍ਹਾਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ 18 ਤੋਂ 27 ਸਾਲ ਦੇ ਨੌਜਵਾਨ ਨਸ਼ਿਆਂ ਦੀ ਬਲੀ ਚੜ੍ਹ ਰਹੇ ਹਨ ਅਤੇ ਪੁਲੀਸ ਅਧਿਕਾਰੀ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਉੱਤਰ ਪ੍ਰਦੇਸ਼ ‘ਚ ਯੋਗੀ ਅੱਦਿਤਿਆਨਾਥ ਸਰਕਾਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਭਾਜਪਾ ਜੋ ਵਾਅਦਾ ਕਰਦੀ ਹੈ, ਉਸ ‘ਤੇ ਸਖ਼ਤ ਕਾਰਵਾਈ ਕਰਕੇ ਦਿਖਾਉਂਦੀ ਹੈ।ਇਸ ਰੈਲੀ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਉਪ-ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਸੀਨੀਅਰ ਲੀਡਰਸ਼ਿਪ ਨੇ ਵੀ ਸੰਬੋਧਨ ਕੀਤਾ। ਸਾਰੇ ਬੁਲਾਰਿਆਂ ਨੇ ਸੰਗਰੂਰ ਜ਼ਿਲ੍ਹੇ ਦੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਦੇ ਮੁੱਦੇ ਚੁੱਕਦਿਆਂ ਦੋਸ਼ ਲਾਇਆ ਕਿ ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਪੁਲੀਸਵੱਲੋਂ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਉਨ੍ਹਾਂ ਨੂੰ ‘ਕਠਪੁਤਲੀ’ ਕਰਾਰ ਦਿੱਤਾ। ਦੂਜੇ ਪਾਸੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ’ਚੋਂ ਅਤਿਵਾਦ ਦਾ ਖ਼ਾਤਮਾ ਕਰ ਸਕਦੀ ਹੈ ਤਾਂ ਉਹ ਪੰਜਾਬ ’ਚੋਂ ਨਸ਼ਾ ਮਾਫ਼ੀਆ ਨੂੰ ਖ਼ਤਮ ਕਰਨ ਦੇ ਵੀ ਪੂਰੀ ਤਰ੍ਹਾਂ ਸਮਰੱਥ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਅਤੇ ਸੂਬੇ ਵਿਚਾਲੇ ਇੱਕ ਸਮੂਹਿਕ ਯੋਜਨਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਨੌਜਵਾਨਾਂ ਦੇ ਮੁੜ-ਵਸੇਬੇ, ਫ਼ਸਲੀ ਵਿਭਿੰਨਤਾ ਅਤੇ ਜਬਰੀ ਉਗਰਾਹੀ ਵਾਲੇ ਨੈੱਟਵਰਕਾਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਸਮਾਗਮ ਵਿੱਚ ਸਤੀਸ਼ ਪੂਨੀਆ, ਤਰੁਣ ਚੁੱਘ, ਰਾਜਿੰਦਰ ਗੁਪਤਾ, ਰਾਣਾ ਗੁਰਮੀਤ ਸਿੰਘ ਸੋਢੀ, ਐੱਚ. ਐੱਸ. ਫੂਲਕਾ ਅਤੇ ਹੋਰ ਆਗੂ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।