ਸਤੰਬਰ ਅਤੇ ਅਕਤੂਬਰ ਦੀ ਤਨਖ਼ਾਹ ਨਾਲ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ’ਚ ਮਿਲੇਗਾ ਲਾਭ
ਚੰਡੀਗੜਹ 23 ਸਤੰਬਰ ,ਬੋਲੇ ਪੰਜਾਬ ਬਿਉਰੋ;
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀਏ) ਵਿੱਚ 8 ਫ਼ੀਸਦੀ ਵਾਧੇ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸਰਕਾਰ ਨੇ ਪਹਿਲਾਂ ਡੀਏ ਵਿੱਚ 8 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣੀ ਸੀ। ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੁੱਲ 8 ਫ਼ੀਸਦੀ ਡੀਏ ਵਧਾਉਣ ਦਾ ਫ਼ੈਸਲਾ ਲਿਆ ਗਿਆ ਸੀ। ਇਹ ਵਾਧਾ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ਵਿੱਚ ਲਾਗੂ ਕੀਤਾ ਜਾਵੇਗਾ।
ਪਹਿਲੀ ਕਿਸ਼ਤ (4 ਫ਼ੀਸਦੀ): ਸਤੰਬਰ ਮਹੀਨੇ ਦੀ ਤਨਖ਼ਾਹ ਨਾਲ ਦਿੱਤੀ ਜਾਵੇਗੀ।
ਦੂਜੀ ਕਿਸ਼ਤ (4 ਫ਼ੀਸਦੀ): ਅਕਤੂਬਰ ਮਹੀਨੇ ਦੀ ਤਨਖ਼ਾਹ ਨਾਲ ਦਿੱਤੇ ਜਾਣ ਦੀ ਜਾਣਕਾਰੀ ਹੈ।
ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਡੀਏ ਅਤੇ ਹੋਰ ਮੰਗਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਸੀ। ਸਰਕਾਰ ਦੇ ਇਸ ਫ਼ੈਸਲੇ ਨਾਲ ਕੁੱਲ ਡੀਏ ਵਧ ਕੇ 50 ਫ਼ੀਸਦੀ ਹੋ ਜਾਵੇਗਾ। ਰਿਪੋਰਟਾਂ ਅਨੁਸਾਰ, ਇਸ ਵਾਧੇ ਨਾਲ ਸੂਬਾ ਸਰਕਾਰ ’ਤੇ ਲਗਪਗ 248 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।













