ਡਰੋਨ ਰਾਹੀਂ ਖੇਤਾਂ ਦੀ ਮੈਪਿੰਗ ਕਰਵਾਉਣ ਖ਼ਿਲਾਫ਼ ਧਰਨਾ

ਚੰਡੀਗੜ੍ਹ ਪੰਜਾਬ

ਮੌੜ 27 ਸਤੰਬਰ ,ਬੋਲੇ ਪੰਜਾਬ ਬਿਊਰੋ;

ਭਾਰਤੀ ਕਿਸਾਨ ਯੂਨੀਅਨ (ਏਕਤਾ)- ਸਿੱਧੂਪੁਰ ਵੱਲੋਂ ਐੱਸ ਕੇ ਐੱਮ (ਗੈਰ-ਸਿਆਸੀ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਮੌੜ ਮੰਡੀ ਵਿੱਚ ‘ਜ਼ਮੀਨ ਬਚਾਓ ਅਤੇ ਜਬਰ ਵਿਰੋਧੀ ਕਿਸਾਨ ਪੰਚਾਇਤ’ ਕੀਤੀ ਗਈ। ਇਸ ਮਗਰੋਂ ਕਿਸਾਨਾਂ ਨੇ ਖੇਤਾਂ ਵਿੱਚ ਡਰੋਨ ਉਡਾਉਣ ਦੇ ਵਿਰੋਧ ਵਿੱਚ ਦੇਰ ਸ਼ਾਮ ਮੌੜ ਰਾਮਾ ਚੌਕ ਵਿੱਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਧਰਨੇ ਕਾਰਨ ਮੁੱਖ ਮਾਰਗ ਜਾਮ ਹੋ ਗਿਆ ਜਿਸ ਕਰਕੇ ਪ੍ਰਸ਼ਾਸਨ ਨੂੰ ਆਵਾਜਾਈ ਲਈ ਬਦਲਵੇਂ ਪ੍ਰਬੰਧ ਕਰਨੇ ਪਏ।

ਧਰਨੇ ਦੌਰਾਨ ਕਿਸਾਨਾਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿੱਜੀ ਕੰਪਨੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਡਰੋਨ ਉਡਾ ਕੇ ਮੌੜ ਅਤੇ ਰਾਮਪੁਰਾ ਫੂਲ ਹਲਕੇ ਦੀਆਂ ਜ਼ਮੀਨਾਂ ਦੀ ਮੈਪਿੰਗ ਅਤੇ ਗਿਰਦਾਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਮਨਜ਼ੂਰੀ ਡਰੋਨ ਉਡਾਉਣ ਵਾਲਿਆਂ ਦੀ ਤੁਰੰਤ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀ ਨਿੱਜਤਾ ਬਰਕਰਾਰ ਰਹੇ। ਕਰੀਬ ਸਾਢੇ ਚਾਰ ਵਜੇ ਧਰਨੇ ਵਾਲੀ ਥਾਂ ’ਤੇ ਪੁੱਜੇ ਐੱਸ ਡੀ ਐੱਮ ਮੌੜ ਨੇ ਗੁੱਸੇ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਾਂਤ ਕਰਦਿਆਂ ਸੋਮਵਾਰ ਤੱਕ ਸਾਰੀ ਸਥਿਤੀ ਸਪੱਸ਼ਟ ਕਰਨ ਦਾ ਭਰੋਸਾ ਦਿੱਤਾ।ਕਿਸਾਨ ਪੰਚਾਇਤ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ ਸਿੱਧੂਪੁਰ ਅਤੇ ਮਾਨ ਸਿੰਘ ਰਾਜਪੁਰਾ ਸਮੇਤ ਹੋਰ ਕਿਸਾਨ ਆਗੂਆਂ ਨੇ ਪੰਜਾਬ ਵਿੱਚ ਪੁਲੀਸ ਦੀਆਂ ਵਧੀਕੀਆਂ, ਨਸ਼ਿਆਂ ਦੇ ਮੁੱਦੇ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਨਾਲ ਜੁੜੇ ਅਹਿਮ ਮਸਲੇ ਉਠਾਏ। ਉਨ੍ਹਾਂ ਸਰਕਾਰਾਂ ’ਤੇ ਕਾਰਪੋਰੇਟ ਪੱਖੀ ਨੀਤੀਆਂ ਅਪਣਾਉਣ ਦੇ ਦੋਸ਼ ਲਾਉਂਦਿਆਂ ਜ਼ਮੀਨਾਂ ਦੀ ਰਾਖੀ ਲਈ ਆਉਣ ਵਾਲੇ ਦਿਨਾਂ ਵਿੱਚ ਸਾਂਝਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ 27 ਸਤੰਬਰ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਣ ਵਾਲੀ ਵਿਚਾਰ-ਚਰਚਾ ਵਿੱਚ ਪੰਜਾਬ ਭਰ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਨੂੰ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।