ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ
ਮੋਹਾਲੀ, 30 ਸਤੰਬਰ ,ਬੋਲੇ ਪੰਜਾਬ ਬਿਊਰੋ;
ਸੈਕਟਰ-88 ਪਾਕੇਟ-ਸੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਵੱਲੋਂ ਮਾਰਕੀਟ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਆਪਣੀਆਂ ਸਮੱਸਿਆਵਾਂ ਵਾਰਡ ਨੰਬਰ 41 ਦੀ ਨਗਰ ਨਿਗਮ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਦੁਕਾਨਦਾਰਾਂ ਵੱਲੋਂ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ।
ਦੁਕਾਨਦਾਰਾਂ ਨੇ ਦੱਸਿਆ ਕਿ ਮਾਰਕੀਟ ਵਿੱਚ ਪਬਲਿਕ ਟਾਇਲਟ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਦੁਕਾਨਦਾਰਾਂ, ਗਾਹਕਾਂ ਅਤੇ ਖਾਸ ਕਰਕੇ ਮਹਿਲਾਵਾਂ ਤੇ ਬੱਚਿਆ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਤੇ ਸੀਵਰੇਜ ਸਿਸਟਮ ਦੀਆਂ ਸਮੱਸਿਆਵਾਂ ਵੀ ਮਾਰਕੀਟ ਦੇ ਕੰਮਕਾਜ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਕਰ ਰਹੀਆਂ ਹਨ।
ਇਸ ਮੌਕੇ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਪੁਰਾਣੇ ਸੈਕਟਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਲੰਬੇ ਸਮੇਂ ਤੋਂ ਰਹਿ ਰਹੇ ਹਨ ਅਤੇ ਇਨ੍ਹਾਂ ਖੇਤਰਾਂ ਵਿੱਚ ਦੁਕਾਨਦਾਰਾਂ ਤੇ ਛੋਟੇ ਨਿਵੇਸ਼ਕਾਂ ਨੇ ਆਪਣੀ ਮਿਹਨਤ ਅਤੇ ਪੂੰਜੀ ਲਗਾ ਕੇ ਕਾਰੋਬਾਰ ਖੜ੍ਹੇ ਕੀਤੇ ਹਨ। ਇਸ ਲਈ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ GMADA ਵੱਲੋਂ ਨਵੇਂ ਸੈਕਟਰਾਂ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਪੁਰਾਣੇ ਸੈਕਟਰਾਂ ਦੀਆਂ ਬੁਨਿਆਦੀ ਜ਼ਰੂਰਤਾਂ ਵੱਲ ਵੀ ਬਰਾਬਰ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਪੁਰਾਣੀਆਂ ਮਾਰਕੀਟਾਂ ਵਿੱਚ ਪਬਲਿਕ ਟਾਇਲਟ, ਪੀਣ ਵਾਲਾ ਪਾਣੀ, ਸਫਾਈ, ਸਟਰੀਟ ਲਾਈਟਾਂ, ਸੜਕਾਂ, ਪਾਰਕਿੰਗ,ਸੀਵਰੇਜ ਸਿਸਟਮ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਨੇ ਕਿਹਾ ਕਿ ਛੋਟੇ ਨਿਵੇਸ਼ਕ ਅਤੇ ਦੁਕਾਨਦਾਰ ਵੀ ਮੋਹਾਲੀ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਸਰਕਾਰੀ ਏਜੰਸੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਕੇ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ਵਿੱਚ ਆਸਾਨੀ ਹੋਵੇ।
ਗੁਰਪ੍ਰੀਤ ਕੌਰ ਉੱਭਾ ਨੇ GMADA ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦਾ ਮੌਕਾ ਮੁਆਇਨਾ ਕਰਕੇ ਪਬਲਿਕ ਟਾਇਲਟ, ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ,ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ।ਉੱਭਾ ਨੇ ਕਿਹਾ ਸੈਕਟਰ 88 ਦੀ ਮਾਰਕੀਟ ਵਿੱਚ ਸੀਵਰੇਜ ਦੀ ਬਹੁਤ ਗੰਭੀਰ ਸਮੱਸਿਆ ਹੈ ਜਿਸ ਨੂੰ ਹੱਲ ਕਰਨ ਲਈ ਗਮਾਡਾ ਦੇ ਅਧਿਕਾਰੀ ਤੇ ਕਰਮਚਾਰੀ ਫੇਲ੍ਹ ਸਾਬਿਤ ਹੋ ਰਹੇ ਹਨ ਉਹਨਾ ਦੇ ਕੰਨ ਤੇ ਜੂੰ ਨਹੀ ਸਰਕ ਰਹੀ ।
ਉਨ੍ਹਾਂ ਕਿਹਾ ਕਿ ਉਹ ਵਾਰਡ ਨੰਬਰ 41 ਦੇ ਵਸਨੀਕਾਂ, ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਦੇ ਰਹਿਣਗੇ।











