ਚੰਡੀਗੜ੍ਹ, 1 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਹ ਪੱਤਰ ਬੁੱਧਵਾਰ ਨੂੰ ਭੇਜਿਆ ਗਿਆ ਸੀ। ਸਰਕਾਰ ਨੇ ਇਸ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਪਿਛੋਕੜ ਵਾਲੇ ਮੈਂਬਰਾਂ ਨੂੰ ਸ਼ਾਮਲ ਕੀਤਾ ਹੈ।
ਇਸ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜੱਜ ਜਸਪਾਲ ਸਿੰਘ, ਸੇਵਾਮੁਕਤ ਜੱਜ ਗੁਰਬੀਰ ਸਿੰਘ ਅਤੇ ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਸ਼ਾਮਲ ਹਨ। ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਹਨ।
ਇਹ ਕਮੇਟੀ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗਾਂ ਕਰੇਗੀ। ਪੰਜਾਬ ਸਰਕਾਰ ਨੇ ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਨੂੰ ਸੁਚਾਰੂ ਬਣਾਉਣ ਲਈ ਪੀ.ਸੀ.ਐਸ. (PCS) ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।












