ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਮਨਾਉਣ ਦਾ ਮੰਤਵ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਇੱਕ ਅਕਾਲ ਪੁਰਖ ਦਾ ਸੰਦੇਸ਼ ਦਿੰਦਿਆਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਮਾਰਗ ਦਿਖਾਇਆ।
ਉਨ੍ਹਾਂ ਕਿਹਾ ਕਿ ਜੋਤੀ ਜੋਤ ਦਿਵਸ ਮੌਕੇ ਸੰਗਤ ਨਾਲ ਮਿਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹੇ, ਤਾਂ ਜੋ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਇੱਥੇ ਬਤੀਤ ਕੀਤੇ ਸਨ। ਕਮੇਟੀ ਆਗੂਆਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕਈ ਉਪਰਾਲੇ ਕੀਤੇ ਗਏ ਹਨ। ਸਕੂਲ ਸਟਾਫ਼ ਦੇ ਲੰਬੇ ਸਮੇਂ ਤੋਂ ਬਕਾਇਆ ਭੁਗਤਾਨ ਕੀਤੇ ਗਏ ਹਨ, ਜਦਕਿ ਬਾਲਾ ਸਾਹਿਬ ਹਸਪਤਾਲ ਵਿੱਚ ਡਾਇਲਸਿਸ ਤੋਂ ਇਲਾਵਾ ਦਿਲ ਦੇ ਰੋਗਾਂ ਅਤੇ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ। ਹਸਪਤਾਲ ਦੀ ਓ.ਪੀ.ਡੀ. ਸੇਵਾ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਸਿੱਖਿਆ, ਸਿਹਤ ਅਤੇ ਧਰਮ ਪ੍ਰਚਾਰ ਦੀਆਂ ਸੇਵਾਵਾਂ ਦਾ ਹੋਰ ਵਿਸਥਾਰ ਕਰਨ ਲਈ ਵਚਨਬੱਧ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।