ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ਨਾਲ ਜੁੜੇ ਕਥਿਤ ‘ਤਬਾਦਲੇ ਅਤੇ ਤਾਇਨਾਤੀ ਲਈ ਨਕਦੀ ਦੇ ਲੈਣ-ਦੇਣ’ (ਕੈਸ਼-ਫਾਰ-ਟਰਾਂਸਫਰ-ਪੋਸਟਿੰਗ) ਵਾਲੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ (CBI) ਜਾਂਚ ਦੇ ਹੁਕਮਾਂ ਵਿਰੁੱਧ ‘ਆਪ’ (AAP) ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਪੇਸ਼ ਹੋਏ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨ (5 ਅਕਤੂਬਰ) ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਮੰਤਰੀ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਵਿਰੁੱਧ ਐਫਆਈਆਰ (FIR) ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਦੋ ਮਹੀਨਿਆਂ ਦੇ ਅੰਦਰ ਜਾਂਚ ਰਿਪੋਰਟ ਮੰਗੀ ਸੀ।











