ਪੰਜਾਬ ਵਿੱਚ ਗੁਦਾਮ ਵਿੱਚ ਪਿਆ ਅਨਾਜ ਜਲਦੀ ਚੁੱਕੇ ਕੇਂਦਰ ਸਰਕਾਰ – ਬਰਸਟ
ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 14.86 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਅਤੇ 13.90 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਖਰੀਦ
ਐਸ.ਏ.ਐਸ. ਨਗਰ (ਮੋਹਾਲੀ), 09 ਅਕਤੂਬਰ ,ਬੋਲੇ ਪੰਜਾਬ ਬਿਉਰੋ;
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਉਣੀ ਖਰੀਦ ਸੀਜ਼ਨ 2026-27 ਦੇ ਮੱਦੇਨਜ਼ਰ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਫ਼ਸਲ ਦੀ ਖਰੀਦ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਖਰੀਦ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਗੁਦਾਮਾਂ ਵਿੱਚ ਪਏ ਅਨਾਜ ਦੀ ਸ਼ਿਫਟਿੰਗ ਨਾ ਕੀਤੇ ਜਾਣ ਕਾਰਨ ਨਵੀਂ ਫ਼ਸਲ ਦੀ ਸਟੋਰੇਜ ਨੂੰ ਲੈ ਕੇ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਝੋਨੇ ਦੇ ਖਰੀਦ ਸੀਜ਼ਨ ਦੌਰਾਨ ਵੱਡੀ ਮਾਤਰਾ ਵਿੱਚ ਫ਼ਸਲ ਮੰਡੀਆਂ ਵਿੱਚ ਪਹੁੰਚਦੀ ਹੈ, ਜਿਸ ਦੀ ਖਰੀਦ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਅਤੇ ਸਟੋਰੇਜ ਲਈ ਲੋੜੀਂਦੀ ਜਗ੍ਹਾ ਉਪਲਬਧ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਗੁਦਾਮਾਂ ਵਿੱਚ ਪਹਿਲਾਂ ਤੋਂ ਪਏ ਅਨਾਜ ਨੂੰ ਨਹੀਂ ਚੁੱਕਿਆ ਜਾਵੇਗਾ, ਤਾਂ ਨਵੀਂ ਫ਼ਸਲ ਦੇ ਭੰਡਾਰਨ ਸਬੰਧੀ ਚੁਣੌਤੀਆਂ ਵਧ ਸਕਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ ਅਨਾਜ ਨੂੰ ਜਲਦ ਤੋਂ ਜਲਦ ਚੁੱਕਿਆ ਜਾਵੇ।
ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 14.86 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ 13.90 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ, ਜਦਕਿ 13.70 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ। ਇਸਦੇ ਤਹਿਤ ਪਨਗ੍ਰੇਨ ਵੱਲੋਂ 5,61,824 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,542 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3,94,764 ਮੀਟ੍ਰਿਕ ਟਨ, ਪਨਸਪ ਵੱਲੋਂ 2,49,075 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 1,63,013 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ ਅਤੇ 2.37 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ। ਬੀਤੇ ਵੀਰਵਾਰ ਨੂੰ 2,78,291 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ 2,76,234 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1886 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਫਸਲ ਦੀ ਆਮਦ ਨੂੰ ਦੇਖਦਿਆਂ ਹੋਇਆ 93 ਆਰਜੀ ਖਰੀਦ ਕੇਂਦਰ ਵੀ ਬਣਾਏ ਗਏ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।












