17 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਵੇਗੀ ਸੂਬਾ ਪੱਧਰੀ ਮੀਟਿੰਗ
ਡੇਰਾ ਬੱਸੀ 12 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਅੱਜ ‘ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ’ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਸਾੜੇ ਗਏ। ਇਸੇ ਲੜੀ ਤਹਿਤ ਡੇਰਾ ਬੱਸੀ ਸੇਵਾ ਕੇਂਦਰ ਤੋਂ ਇਕੱਠੇ ਹੋ ਕੇ ਮੁਲਾਜ਼ਮਾਂ ਨੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਅਤੇ ਬੱਸ ਸਟੈਂਡ ‘ਤੇ ਪਹੁੰਚ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲਾ ਸਾੜਿਆ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬ ਏਟਕ ਦੇ ਮੀਤ ਪ੍ਰਧਾਨ ਅਤੇ ਯੂਨੀਅਨ ਦੇ ਸਲਾਹਕਾਰ ਸ਼੍ਰੀ ਵਿਨੋਦ ਚੁੱਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁਲਾਜ਼ਮ ਪਿਛਲੇ 10 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ। ਸਰਕਾਰ ਨੇ ਇਹਨਾਂ ਕੇਂਦਰਾਂ ਨੂੰ ਚਲਾਉਣ ਲਈ ਇੱਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਦਿੱਤਾ ਹੋਇਆ ਹੈ, ਜੋ ਸਰਕਾਰ ਦੀ ਛਤਰ-ਛਾਇਆ ਹੇਠ ਮੁਲਾਜ਼ਮਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਪੜ੍ਹੇ-ਲਿਖੇ ਅਤੇ ਗ੍ਰੈਜੂਏਟ ਮੁਲਾਜ਼ਮਾਂ ਨੂੰ ਕਿਰਤ ਕਾਨੂੰਨਾਂ ਅਧੀਨ ਬਣਦੇ ਪੂਰੇ ਲਾਭ ਨਹੀਂ ਦਿੱਤੇ ਜਾ ਰਹੇ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਆਖਿਆ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਇੰਨੀ ਥੋੜ੍ਹੀ ਤਨਖਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਹੀ ਔਖਾ ਹੋ ਚੁੱਕਾ ਹੈ। ਮਹਿੰਗਾਈ ਬਹੁਤ ਜ਼ਿਆਦਾ ਵਧ ਚੁੱਕੀ ਹੈ, ਪਰ ਸਰਕਾਰ ਅਤੇ ਕੰਪਨੀ ਮੁਲਾਜ਼ਮਾਂ ਦੇ ਹੱਕੀ ਭੱਤਿਆਂ ਅਤੇ ਬਣਦੀਆਂ ਤਨਖਾਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ, ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
ਸ਼੍ਰੀ ਚੁੱਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਘੱਟੋ-ਘੱਟ ਤਨਖਾਹ (ਮਿਨੀਮਮ ਵੇਜ) ਦੇ ਨਿਯਮਾਂ ਅਨੁਸਾਰ ਮੁਲਾਜ਼ਮਾਂ ਨੂੰ 17,500 ਰੁਪਏ ਤਨਖਾਹ ਮਿਲਣੀ ਬਣਦੀ ਹੈ, ਪਰ ਉਹਨਾਂ ਨੂੰ ਮਹਿਜ਼ 14,600 ਰੁਪਏ ਹੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕੰਪਨੀ ਵੱਲੋਂ ਸਕਿਊਰਟੀ ਗਾਰਡਾਂ ਦੀ ਤਨਖਾਹ ਹੁਣ ਤੱਕ ਰੋਕੀ ਗਈ ਹੈ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਗੈਰ-ਕਾਨੂੰਨੀ ਤਰੀਕੇ ਨਾਲ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਘਰ-ਘਰ ਜਾ ਕੇ ਸੇਵਾਵਾਂ ਦੇਣ ਵਾਲੇ DSD (ਡੋਰ ਸਟੈੱਪ ਡਿਲੀਵਰੀ) ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਵੀ ਕੱਟ ਲਾਏ ਜਾ ਰਹੇ ਹਨ।
ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਰਤੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਉਹ ਕੰਪਨੀ ਨਾਲ ਆਪਣਾ ਸਮਝੌਤਾ ਖ਼ਤਮ ਨਹੀਂ ਕਰ ਸਕਦੇ ਅਤੇ ਅਗਲੀ ਸਰਕਾਰ ਵਿੱਚ ਇਹਨਾਂ ਨੂੰ ਪੱਕਾ ਕਰਨ ਬਾਰੇ ਸੋਚਣਗੇ, ਜਦਕਿ ਦੂਜੇ ਪਾਸੇ ਕੰਪਨੀ ਨਾਲ ਮਿਲ ਕੇ ਮੁਲਾਜ਼ਮਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ‘ਤੇ ਪੱਕਾ (ਰੇਗੂਲਰ) ਕੀਤਾ ਜਾਵੇ ਅਤੇ ਕਿਰਤੀਆਂ ਦਾ ਸ਼ੋਸ਼ਣ ਕਰਨ ਵਾਲੀ ਠੇਕੇਦਾਰ ਕੰਪਨੀ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ, ਕਿਰਤ ਕਮਿਸ਼ਨਰ ਪੰਜਾਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੁਰੰਤ ਦਖ਼ਲ ਦੇ ਕੇ ਕੰਪਨੀ ਖ਼ਿਲਾਫ਼ ਸਖ਼ਤ ਐਕਸ਼ਨ ਲੈਣ।
ਉਹਨਾਂ ਐਲਾਨ ਕੀਤਾ ਕਿ ਪੰਜਾਬ ਏਟਕ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਜੇਕਰ ਸਰਕਾਰ ਨੇ ਜਲਦ ਹੀ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਕਰਕੇ ਮਸਲੇ ਹੱਲ ਨਾ ਕੀਤੇ, ਤਾਂ 17 ਅਕਤੂਬਰ 2026 ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਸੂਬਾਈ ਅਹੁਦੇਦਾਰਾਂ ਨੂੰ ਸ਼ਾਮਲ ਕਰਕੇ ਅਗਲੇ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਅਗਲਾ ਪ੍ਰੋਗਰਾਮ ਅਜਿਹਾ ਉਲੀਕਿਆ ਜਾਵੇਗਾ ਜਿਸ ਨੂੰ ਝੱਲਣਾ ਸਰਕਾਰ ਲਈ ਬਹੁਤ ਔਖਾ ਹੋ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ, ਮੋਨਿਕਾ ਨਰੂਲਾ, ਹਰਦੀਪ ਸਿੰਘ, ਪੂਨਮ ਰਾਣੀ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੇਵਾ ਕੇਂਦਰ ਮੁਲਾਜ਼ਮ ਹਾਜ਼ਰ ਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਇਨਸਾਫ਼ ਨਾ ਮਿਲਣ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।












