ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਸੇਵਾ ਤਹਿਤ ਦਿੱਲੀ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਿਆ। ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਕਾਲ ਸਹਾਇ ਜੱਥੇਬੰਦੀ ਦੇ ਬੈਨਰ ਹੇਠ ਪਿਛਲੇ ਇੱਕ ਸਾਲ ਤੋਂ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਦੀ ਸੇਵਾ ਨਿਰੰਤਰ ਜਾਰੀ ਹੈ। ਗੁਰੂ ਸਾਹਿਬ ਦੀ ਕਿਰਪਾ ਸਦਕਾ ਇਸ ਸੇਵਾ ਦੇ ਇੱਕ ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀ ਵਿਸ਼ੇਸ਼ਤਾ ਇਹ ਹੈ ਕਿ ਸੰਗਤਾਂ ਸਿਰਫ਼ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਕੇ ਹੀ ਨਹੀਂ, ਸਗੋਂ ਆਉਣ-ਜਾਣ ਦੌਰਾਨ ਵੀ ਗੁਰਬਾਣੀ ਨਾਲ ਜੁੜਦੀਆਂ ਹਨ। ਯਾਤਰਾ ਦੌਰਾਨ ਕੀਰਤਨੀ ਜੱਥਿਆਂ ਵੱਲੋਂ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਂਦਾ ਹੈ। ਰਸਤੇ ਵਿੱਚ ਸੰਗਤਾਂ ਲਈ ਲੰਗਰ ਦੀ ਨਿਸ਼ਕਾਮ ਸੇਵਾ ਵੀ ਕੀਤੀ ਜਾਂਦੀ ਹੈ, ਜਦਕਿ ਯਾਤਰਾ ਦੀਆਂ ਟਿਕਟਾਂ ਅਤੇ ਰਹਿਣ-ਸਹਿਣ ਦਾ ਖਰਚਾ ਸੰਗਤਾਂ ਵੱਲੋਂ ਆਪਣੇ ਪੱਧਰ ’ਤੇ ਕੀਤਾ ਜਾਂਦਾ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਨੂੰ ਇੱਕ ਸਾਲ ਤੋਂ ਨਿਰੰਤਰ ਸੇਵਾ ਨਿਭਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿੱਚ ਸੰਗਤਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਦੇ ਨਾਲ-ਨਾਲ ਗੁਰਬਾਣੀ ਨਾਲ ਜੋੜਨ ਵਾਲੇ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਨੇ ਵੀ ਪ੍ਰਬੰਧਕਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸੰਗਤਾਂ ਵਿੱਚ ਗੁਰਸਿੱਖੀ ਪ੍ਰਤੀ ਲਗਨ ਪੈਦਾ ਕਰਨ ਅਤੇ ਗੁਰੂ ਘਰ ਨਾਲ ਸਾਂਝ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਸੇਵਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ ਅਤੇ ਹੋਰ ਵੱਧ ਸੰਗਤਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।