ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦੀ ਸਰੇਆਮ ਹੱਤਿਆ ਚਿੰਤਾਜਨਕ; ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਉਰੋ;
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦੀ ਸਰੇਆਮ ਹੱਤਿਆ ਹੋਣਾ ਬੇਹੱਦ ਚਿੰਤਾਜਨਕ ਹੈ। ਇਹ ਘਟਨਾ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਜਨਤਕ ਥਾਵਾਂ ’ਤੇ ਇਸ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਵਾਪਰਦੀਆਂ ਹਨ, ਤਾਂ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਦੀ ਵੀ ਗੰਭੀਰਤਾ ਨਾਲ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਸ ਹੱਤਿਆ ਦੇ ਪਿੱਛੇ ਕਿਸੇ ਵੱਡੇ ਨੈੱਟਵਰਕ ਜਾਂ ਗੱਠਜੋੜ ਦੀ ਸੰਭਾਵਨਾ ਸਮੇਤ ਸਾਰੇ ਪਹਿਲੂਆਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਜਾਂਚ ਪੂਰੀ ਤਰ੍ਹਾਂ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਹੋਵੇ ਅਤੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ।
ਹਰਦੇਵ ਸਿੰਘ ਉੱਭਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਨਿਰਪੱਖ ਜਾਂਚ, ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਬਣਾਇਆ ਜਾਣਾ ਚਾਹੀਦਾ ਹੈ, ਜਿੱਥੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਬਿਨਾਂ ਕਿਸੇ ਡਰ ਦੇ ਸਮਾਜ ਦੀ ਭਲਾਈ ਲਈ ਕੰਮ ਕਰ ਸਕਣ।












