ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਕਰਨ ’ਚ ਸਰਕਾਰ ਨਾਕਾਮ, ਗੁਲਜ਼ਾਰ ਸਿੰਘ ਵਰਗੇ ਮਾਮਲਿਆਂ ਤੋਂ ਸਬਕ ਲਵੇ ਭਗਵੰਤ ਮਾਨ ਸਰਕਾਰ
ਮੋਹਾਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਾਨਸਾ ਵਿੱਚ ਨੌਜਵਾਨ ਪਰਵਿੰਦਰ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ’ਤੇ ਦੁੱਖ ਅਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ। ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਕਤਲ ਹੋਣਾ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਿਹੜੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰਦੀ ਹੈ, ਉਹ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ?
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹਕੀਕਤ ਵਿੱਚ ਕਿੰਨੀ ਪ੍ਰਭਾਵਸ਼ਾਲੀ ਹੈ, ਇਹ ਸਵਾਲ ਅੱਜ ਪੰਜਾਬ ਦਾ ਹਰ ਪਰਿਵਾਰ ਪੁੱਛ ਰਿਹਾ ਹੈ। ਨਸ਼ਿਆਂ ਦਾ ਖ਼ਾਤਮਾ ਸਿਰਫ਼ ਨਾਅਰਿਆਂ, ਇਸ਼ਤਿਹਾਰਾਂ ਅਤੇ ਸਿਆਸੀ ਬਿਆਨਾਂ ਨਾਲ ਨਹੀਂ ਹੋ ਸਕਦਾ। ਇਸ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਪਿੱਠ ਥਪਥਪਾਉਣ ਦੀ ਬਜਾਏ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨਾ ਚਾਹੀਦਾ ਹੈ।
ਉਨ੍ਹਾਂ ਸੰਗਰੂਰ ਦੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਸਵਾਲ ਖੜ੍ਹੇ ਕਰਦੀ ਹੈ। ਸਰਕਾਰ ਦੀਆਂ ਨੀਤੀਆਂ ਨਾਲ ਅਸਹਿਮਤੀ ਪ੍ਰਗਟ ਕਰਨਾ ਅਤੇ ਜਵਾਬ ਮੰਗਣਾ ਹਰ ਨਾਗਰਿਕ ਦਾ ਅਧਿਕਾਰ ਹੈ। ਸਰਕਾਰ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।
ਗੁਲਜ਼ਾਰ ਸਿੰਘ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦਾ ਪੁੱਤਰ ਨਸ਼ਿਆਂ ਦੀ ਲਤ ਦਾ ਸ਼ਿਕਾਰ ਸੀ, ਜਿਸ ਕਾਰਨ ਉਹ ਬੇਹੱਦ ਚਿੰਤਤ ਸੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਿਹਾ ਸੀ। ਉਸ ਨੂੰ ਇੰਨਾ ਤੰਗ ਪ੍ਰੇਸ਼ਾਨ ਕੀਤਾ ਗਿਆ ਕਿ ਉਸ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਮਾਮਲੇ ਵਿੱਚ ਗੁਲਜ਼ਾਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਡਰਾਉਣ-ਧਮਕਾਉਣ ਦੇ ਦੋਸ਼ ਲਗਾਏ ਗਏ ਸਨ। ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਡਰ ਜਾਂ ਦਬਾਅ ਦਾ ਸਾਹਮਣਾ ਨਾ ਕਰਨਾ ਪਵੇ।
ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਪ੍ਰਚਾਰ ਕਰਨ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਨਸ਼ਿਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ।












