ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ

ਨੈਸ਼ਨਲ ਪੰਜਾਬ

ਪ੍ਰਚੂਨ ਵਿਕਰੇਤਾਵਾਂ ਤੋਂ ਲੈ ਕੇ ਡਿਸਟ੍ਰੀਬਿਊਟਰਾਂ, ਸਟਾਕਿਸਟਾਂ ਅਤੇ ਫਾਰਮਾਸਿਊਟੀਕਲ ਕੰਪਨੀਆਂ ਤੱਕ ਤੈਅ ਕੀਤੀ ਜਾਵੇ ਜਵਾਬਦੇਹੀ

ਨਵੀਂ ਦਿੱਲੀ 15 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਸਕਾਰ ਕਰਦਿਆਂ ਸਿਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੰਮ ਕਰ ਰਹੇ ਸਮੁੱਚੇ ਤੰਤਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੈਡੀਕਲ ਸਟੋਰ ਜਾਂ ਛੋਟੇ ਵਿਕਰੇਤਾ ਵੱਲੋਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਕੀਤੀ ਜਾਂਦੀ ਹੈ ਤਾਂ ਸਵਾਲ ਇਹ ਵੀ ਉੱਠਦਾ ਹੈ ਕਿ ਉਸ ਨੂੰ ਇਹ ਪਦਾਰਥ ਸਪਲਾਈ ਕੌਣ ਕਰਦਾ ਹੈ? ਡਿਸਟ੍ਰੀਬਿਊਟਰਾਂ ਅਤੇ ਸਟਾਕਿਸਟਾਂ ਤੱਕ ਮਾਲ ਕਿੱਥੋਂ ਪਹੁੰਚਦਾ ਹੈ ਅਤੇ ਇਸ ਪੂਰੇ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ? ਉਨ੍ਹਾਂ ਕਿਹਾ ਕਿ ਸਿਰਫ਼ ਛੋਟੇ ਮੋਹਰਿਆਂ ਵਿਰੁੱਧ ਕਾਰਵਾਈ ਕਰਕੇ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋ ਸਕਦੀ। ਜਦੋਂ ਤੱਕ ਸਪਲਾਈ ਚੇਨ ਦੇ ਹਰ ਪੱਧਰ ਦੀ ਨਿਰਪੱਖ ਜਾਂਚ ਨਹੀਂ ਹੁੰਦੀ ਅਤੇ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ, ਉਦੋਂ ਤੱਕ ਨਸ਼ਿਆਂ ਵਿਰੁੱਧ ਜੰਗ ਅਧੂਰੀ ਰਹੇਗੀ।
ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਕਿਸੇ ਵੀ ਗੈਰ-ਕਾਨੂੰਨੀ ਨੈੱਟਵਰਕ ਨੂੰ ਬੇਨਕਾਬ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਇੱਕ ਦੁਕਾਨ ’ਤੇ ਕਾਰਵਾਈ ਕਰਕੇ, ਕਿਸੇ ਦੀ ਦੁਕਾਨ ਢਾਹ ਕੇ ਜਾਂ ਕੁਝ ਵਿਅਕਤੀਆਂ ਨੂੰ ਜੇਲ੍ਹ ਭੇਜ ਕੇ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਪੂਰੀ ਹੋਈ ਮੰਨ ਲੈਂਦਾ ਹੈ ਤਾਂ ਵੱਡੇ ਸਪਲਾਇਰਾਂ ਅਤੇ ਕਥਿਤ ਸਰਗਨਿਆਂ ਦੀ ਜਾਂਚ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਜੇਕਰ ਕਿਸੇ ਫਾਰਮਾਸਿਊਟੀਕਲ ਕੰਪਨੀ, ਡਿਸਟ੍ਰੀਬਿਊਟਰ, ਸਟਾਕਿਸਟ ਜਾਂ ਹੋਰ ਸੰਸਥਾ ਦੀ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਮੂਲੀਅਤ ਦੇ ਸਬੂਤ ਮਿਲਦੇ ਹਨ ਤਾਂ ਉਸ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਭਾਈ ਪਰਮਿੰਦਰ ਸਿੰਘ ਝੋਟਾ ਦੇ ਸੰਘਰਸ਼ ਨੂੰ ਕੁਝ ਦਿਨਾਂ ਦੀ ਸਿਆਸੀ ਬਿਆਨਬਾਜ਼ੀ ਜਾਂ ਇੱਕ-ਦੂਜੇ ’ਤੇ ਦੋਸ਼ ਲਗਾਉਣ ਤੱਕ ਸੀਮਤ ਕਰਨਾ ਉਨ੍ਹਾਂ ਦੇ ਮਿਸ਼ਨ ਨਾਲ ਇਨਸਾਫ਼ ਨਹੀਂ ਹੋਵੇਗਾ। ਨਸ਼ਿਆਂ ਦੇ ਕਾਰੋਬਾਰ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਤੱਥਾਂ, ਸਬੂਤਾਂ ਅਤੇ ਨਿਰਪੱਖ ਜਾਂਚ ਦੇ ਆਧਾਰ ’ਤੇ ਕਾਰਵਾਈ ਕਰਨੀ ਲਾਜ਼ਮੀ ਹੈ। ਓਨ੍ਹਾ ਗੁਰੂ ਸਾਹਿਬਾਨ ਦੀ ਬਾਣੀ ਦਾ ਹਵਾਲਾ ਦਿੰਦਿਆਂ ਕਿਹਾ, “ਅਕਲੀ ਸਾਹਿਬ ਸੇਵੀਐ ਅਕਲੀ ਪਾਈਐ ਮਾਨੁ॥” ਸਿੱਖ ਇਤਿਹਾਸ ਦੀਆਂ ਮਹਾਨ ਸ਼ਹਾਦਤਾਂ ਸਾਨੂੰ ਜ਼ੁਲਮ ਅਤੇ ਅਨਿਆਂ ਵਿਰੁੱਧ ਡਟਣ ਦੀ ਪ੍ਰੇਰਣਾ ਦਿੰਦੀਆਂ ਹਨ। ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਮਨੁੱਖਤਾ ਅਤੇ ਸੱਚ ਦੀ ਰਾਖੀ ਲਈ ਅਡੋਲ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦਾ ਫ਼ਰਜ਼ ਹੈ। ਭਾਈ ਪਰਮਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ ਹੋਵੇ, ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ। ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਸਿਆਸੀ ਨਾਅਰਿਆਂ ਤੋਂ ਅੱਗੇ ਲਿਜਾ ਕੇ ਨਤੀਜਿਆਂ ਤੱਕ ਪਹੁੰਚਾਉਣਾ ਹੀ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।