ਨਵੀਂ ਦਿੱਲੀ, 17 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):-
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਸ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਉਸ ਦੇ ਰਾਜ ਵਿੱਚ ਘਰ-ਘਰ ਨਸ਼ੇ ਦੀ ਹੋਮ ਡਿਲਿਵਰੀ ਹੋਣ ਦੇ ਦੋਸ਼ ਲੱਗ ਰਹੇ ਹਨ। ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਵਰਗੇ ਗੁਰਸਿੱਖ ਨੌਜਵਾਨਾਂ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਜਾ ਰਿਹਾ ਹੈ। ਸਰਨਾ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਭਗਵੰਤ ਮਾਨ ਅਤੇ ਉਸ ਦੀ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਹਿ ਗਿਆ ਅਤੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਈ ਝੋਟਾ ਨੂੰ ਸ਼ਹੀਦ ਕਰਨ ਵਾਲਿਆਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਹਾਕਮਾਂ ‘ਤੇ ਹਮਲਾ ਕਰਦਿਆਂ ਸਰਨਾ ਨੇ ਦੋਸ਼ ਲਾਇਆ ਕਿ ਇਨ੍ਹਾਂ ਪ੍ਰਬੰਧਕਾਂ ਨੇ ਪੰਥਕ ਕਾਰਜਾਂ ਨੂੰ ਅੱਗੇ ਵਧਾਉਣ ਦੀ ਬਜਾਏ ਹਮੇਸ਼ਾ ਰੋੜੇ ਅਟਕਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ ਵਿੱਚੋਂ ਹਰਮੀਤ ਸਿੰਘ ਕਾਲਕਾ ਨੂੰ ਪਹਿਲਾਂ ਬਾਹਰ ਰੱਖਿਆ ਗਿਆ ਸੀ, ਪਰ ਕੇਂਦਰ ਸਰਕਾਰ ਨਾਲ ਆਪਣੀ ਨੇੜਤਾ ਦਾ ਢੰਡੋਰਾ ਪਿੱਟ ਕੇ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਦੇ ਦਾਅਵੇ ਕਰਦਿਆਂ ਉਸ ਨੇ ਹਰ ਹੀਲਾ ਵਰਤ ਕੇ ਆਪਣਾ ਨਾਮ ਕਮੇਟੀ ਵਿੱਚ ਦਰਜ ਕਰਵਾ ਲਿਆ। ਸਰਨਾ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇੰਨੇ ਸਮੇਂ ਬਾਅਦ ਵੀ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਜਿਉਂ ਦਾ ਤਿਉਂ ਖੜ੍ਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਕਥਿਤ ਚਾਟੂਕਾਰ ਪ੍ਰਬੰਧਕਾਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਗਏ ਰੋਸ ਮਾਰਚ ਨੂੰ ਵੀ ਰੱਦ ਕਰਵਾ ਕੇ ਪੰਥ ਨਾਲ ਵੱਡਾ ਧੋਖਾ ਕੀਤਾ ਹੈ। ਸਰਨਾ ਨੇ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਪਹਿਲੀ ਤਰਜੀਹ ਹੋਵੇਗੀ ਅਤੇ ਕੇਂਦਰ ਜਾਂ ਕਿਸੇ ਹੋਰ ਸਰਕਾਰ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਰੋਕਣਾ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣਾ ਸਿਰਫ਼ ਸਿਆਸੀ ਵਾਅਦੇ ਨਹੀਂ, ਸਗੋਂ ਸਰਕਾਰਾਂ ਦੀ ਜ਼ਿੰਮੇਵਾਰੀ ਹਨ। ਸਰਨਾ ਨੇ ਕਿਹਾ ਕਿ ਜਿਹੜੇ ਲੋਕ ਇਨ੍ਹਾਂ ਦੋਵਾਂ ਮੁੱਦਿਆਂ ‘ਤੇ ਨਾਕਾਮ ਰਹੇ ਹਨ, ਉਨ੍ਹਾਂ ਨੂੰ ਪੰਜਾਬ ਦੀ ਜਨਤਾ ਅਤੇ ਪੰਥ ਅੱਗੇ ਜਵਾਬ ਦੇਣਾ ਪਵੇਗਾ।












