ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 19 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਦਰਬਾਰ ਵਿੱਚ ਸ਼ਰਧਾਪੂਰਵਕ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮਾਣਯੋਗ ਰਾਜਪਾਲ ਨੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਪਵਿੱਤਰ ਸ਼ਸਤਰਾਂ ਅਤੇ ਗੁਰੂ ਮਹਾਰਾਜ ਦੇ ਜੋੜਾ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਦੇ ਚੋਲਾ ਸਾਹਿਬ ਦੇ ਦਰਸ਼ਨ ਕਰਵਾਏ। ਇਸ ਮੌਕੇ ਰਾਜਪਾਲ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਪੱਤਰਿਕਾ ‘ਗੋਬਿੰਦ ਪ੍ਰਕਾਸ਼’ ਦਾ ਵਿਮੋਚਨ ਵੀ ਕੀਤਾ। ਇਹ ਪੱਤਰਿਕਾ ਸਿੱਖ ਇਤਿਹਾਸ, ਗੁਰਮਤਿ ਵਿਚਾਰਧਾਰਾ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਅਤੇ ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ ਨੇ ਰਾਜਪਾਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਜੈਨ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਜੈਨ ਵੀ ਮੌਜੂਦ ਸਨ। ਤਖ਼ਤ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਜਨਮਭੂਮੀ ਹੋਣ ਕਰਕੇ ਦੁਨੀਆ ਭਰ ਦੀ ਸਿੱਖ ਸੰਗਤ ਲਈ ਵਿਸ਼ੇਸ਼ ਸ਼ਰਧਾ ਅਤੇ ਆਸਥਾ ਦਾ ਕੇਂਦਰ ਹੈ। ਉਨ੍ਹਾਂ ਨੇ ਰਾਜਪਾਲ ਦੇ ਤਖ਼ਤ ਸਾਹਿਬ ਵਿਖੇ ਆਗਮਨ ’ਤੇ ਖ਼ੁਸ਼ੀ ਪ੍ਰਗਟਾਈ। ਰਾਜਪਾਲ ਦੀ ਇਸ ਧਾਰਮਿਕ ਯਾਤਰਾ ਦੌਰਾਨ ਤਖ਼ਤ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।