ਚੰਡੀਗੜ੍ਹ, 22 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦਾ ਛੇ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ। ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਵਿੱਚ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਵੀ ਸ਼ਾਮਲ ਸਨ, ਜਿਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਈ ਸੀ। ਇਸ ਤੋਂ ਬਾਅਦ, ਸਦਨ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲੇ ਦਿਨ ਸੈਸ਼ਨ ਦੀ ਕਾਰਵਾਈ ਸਿਰਫ਼ ਨੌਂ ਮਿੰਟ ਅਤੇ ਛੇ ਸਕਿੰਟ ਤੱਕ ਹੀ ਚੱਲੀ।
ਇਸ ਤੋਂ ਪਹਿਲਾਂ, ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਸੰਕਟ ਲੋਕਾਂ ਦੇ ਜੀਵਨ ‘ਤੇ ਗੰਭੀਰ ਪ੍ਰਭਾਵ ਪਾ ਰਿਹਾ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ।
ਇਸ ਦੌਰਾਨ, ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਸਦਨ ਦੀ ਕਾਰਵਾਈ ਨੂੰ ਚੱਲਣ ਨਹੀਂ ਦੇਣਗੇ।












