ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ, 55.37 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖਰੀਦ
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਗਿਆ ਹੈ ਸਥਾਪਤ
ਐਸ.ਏ.ਐਸ. ਨਗਰ (ਮੋਹਾਲੀ), 22 ਅਕਤੂਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਦਾ ਜਾਇਜਾਂ ਲੈਣ ਉਪਰੰਤ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪੁੱਖਤਾ ਪ੍ਰਬੰਧ ਕੀਤੇ ਹੋਏ ਹਨ, ਜਿਸ ਦੇ ਚਲਦਿਆਂ ਉਹਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 57.05 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 55.37 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ ਅਤੇ ਸਰਕਾਰੀ ਪੱਧਰ ਤੇ 54.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਇਸਦੇ ਤਹਿਤ ਪਨਗ੍ਰੇਨ ਵੱਲੋਂ 22,55,336 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 28,099 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 14,25,644 ਮੀਟ੍ਰਿਕ ਟਨ, ਪਨਸਪ ਵੱਲੋਂ 10,91,691 ਮੀਟ੍ਰਿਕ ਟਨ ਅਤੇ ਵੇਅਰ ਹਾਉਸ ਵੱਲੋਂ 6,43,178 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ। 32.19 ਲੱਖ ਮੀਟ੍ਰਿਕ ਟਨ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ। ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 5.14 ਲੱਖ ਮੀਟ੍ਰਿਕ ਝੋਨੇ ਦੀ ਆਮਦ ਹੋਈ ਹੈ ਅਤੇ 4.95 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਰਾਜ ਵਿੱਚ 1886 ਮੰਡੀਆਂ ਨੋਟੀਫਾਈ ਕੀਤੀ ਗਈ ਹੈ ਅਤੇ 515 ਆਰਜੀ ਖਰੀਦ ਕੇਂਦਰ ਬਣਾਏ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਹਨ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਹਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।












