ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਗਲ ਵਿੱਚ ਕਾਲੇ ਕੱਪੜੇ ਪਾ ਕੇ ਆਏ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਨਾਲ ਜੁੜੇ ਮੁੱਦਿਆਂ ‘ਤੇ ਪਹਿਲਾਂ ਚਰਚਾ ਕੀਤੀ ਜਾਵੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ‘ਤੇ ਗੌਰ ਕੀਤਾ ਜਾਵੇਗਾ, ਪਰ ਉਨ੍ਹਾਂ ਨੇ ‘ਪ੍ਰਸ਼ਨ ਕਾਲ’ (Question Hour) ਸ਼ੁਰੂ ਕਰ ਦਿੱਤਾ—ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸੀਟ ਤੋਂ ਉੱਠ ਖੜ੍ਹੇ ਹੋਏ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਮਿਸਟਰ ਪਰਗਟ ਸਿੰਘ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ। ਤੁਸੀਂ ਉਸ ਪਾਰਟੀ ਦਾ ਹਿੱਸਾ ਰਹੇ ਹੋ ਜਿਸ ਨੇ ਪੰਜਾਬ ਵਿੱਚ ‘ਚਿੱਟੇ’ ਵਰਗੇ ਨਸ਼ੇ ਦੀ ਅਲਾਮਤ ਨੂੰ ਫੈਲਾਉਣ ਵਿੱਚ ਮਦਦ ਕੀਤੀ। ਤਲਵੰਡੀ ਸਾਬੋ ਸਥਿਤ ਤਖ਼ਤ ਦਮਦਮਾ ਸਾਹਿਬ ਵਿਖੇ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਦੀ ਝੂਠੀ ਸਹੁੰ ਵੀ ਖਾਧੀ ਸੀ।”
ਚੀਮਾ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਬਹੁਤ ਜ਼ਿਆਦਾ ਦੁੱਖ-ਤਕਲੀਫ਼ਾਂ ਝੱਲਣੀਆਂ ਪਈਆਂ। 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਸਾੜ ਦਿੱਤਾ ਗਿਆ ਸੀ। ਉਨ੍ਹਾਂ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦਾ ਵਿਸ਼ੇਸ਼ ਤੌਰ ‘ਤੇ ਨਾਂ ਲੈਂਦਿਆਂ ਕਾਂਗਰਸ ਪਾਰਟੀ ‘ਤੇ ਵੀ ਤਿੱਖਾ ਹਮਲਾ ਕੀਤਾ।












