ਕਿਸੇ ਵੀ ਜਗ੍ਹਾ ਪਾਣੀ ਨਾ ਖੜ੍ਹਾ ਰੱਖਣ ਦੀ ਸਖ਼ਤ ਹਦਾਇਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ:
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਵੱਖ—ਵੱਖ ਨਿੱਜੀ ਹਸਪਤਾਲਾਂ ਵਿਚ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਮੱਛਰ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਦੀ ਜਾਂਚ ਕੀਤੀ। ਉਨ੍ਹਾਂ ਹਸਪਤਾਲ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਹਸਪਤਾਲ ਵਿਚ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਸਿਹਤ ਟੀਮ ਨੂੰ ਜਾਂਚ ਦੌਰਾਨ ਹਸਪਤਾਲ ਵਿਚ ਦੋ ਥਾਵਾਂ ਉਤੇ ਮੱਛਰ ਦਾ ਲਾਰਵਾ ਮਿਲਿਆ ਜਿਹੜਾ ਮੌਕੇ ਤੇ ਹੀ ਨਸ਼ਟ ਕਰ ਦਿਤਾ ਗਿਆ।ਡਾ. ਜੈਨ ਨੇ ਹਸਪਤਾਲ ਪ੍ਰਬੰਧਕਾਂ ਨੂੰ ਕਿਹਾ ਕਿ ਜਿਹੜੇ ਟੈਂਕ ਵਿਚ ਲਾਰਵਾ ਮਿਲਿਆ ਹੈ, ਉਸ ਨੂੰ ਹਫ਼ਤੇ ਵਿਚ ਇਕ ਵਾਰ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਅਪਣਾਈ ਜਾਣ ਵਾਲੀ ਨਿਯਮਿਤ ਕਵਾਇਦ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।ਉਨ੍ਹਾਂ ਚੇਤਾਵਨੀ ਦਿਤੀ ਕਿ ਅਗਲੀ ਵਾਰ ਜਾਂਚ ਦੌਰਾਨ ਲਾਰਵਾ ਮਿਲਣ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਿ਼ਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਹਸਪਤਾਲ ਦੇ ਮੁਲਾਜ਼ਮਾਂ ਨੂੰ ਸਮਝਾਉਂਦਿਆਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।ਉਨ੍ਹਾਂ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਟੀਮ ਵਿਚ ਸਿਹਤ ਸੁਪਰਵਾਇਜ਼ਰ ਗੁਰਬਿੰਦਰਜੀਤ ਸਿੰਘ, ਸਿਹਤ ਵਰਕਰ ਬਲਜੀਤ ਸਿੰਘ, ਗੁਰਜੀਤ ਸਿੰਘ, ਭੁਪਿੰਦਰ ਕੁਮਾਰ, ਬਰੀਡਿੰਗ ਚੈੱਕਰ ਆਦਿ ਸ਼ਾਮਲ ਸਨ।












