ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਊਰੋ :
ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਉਰਫ਼ ਹਰਪ੍ਰੀਤ ਸਿੰਘ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਹ ਕਾਰਵਾਈ ਇੱਕ ‘ਰੈੱਡ ਕਾਰਨਰ ਨੋਟਿਸ’ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਕਦਮ ਨੂੰ ਪੰਜਾਬ ਪੁਲਿਸ ਨੇ ਕੇਂਦਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਹਿਯੋਗ ਨਾਲ ਅੰਜਾਮ ਦਿੱਤਾ ਹੈ।
ਬਾਠ ‘ਤੇ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ ਮੰਗਣਾ, ਅਪਰਾਧਿਕ ਧਮਕੀਆਂ ਦੇਣਾ ਅਤੇ NDPS ਐਕਟ ਤੇ ਆਰਮਜ਼ ਐਕਟ (ਅਸਲਾ ਕਾਨੂੰਨ) ਦੀ ਉਲੰਘਣਾ ਵਰਗੇ ਦੋਸ਼ ਸ਼ਾਮਲ ਹਨ। ਪੰਜਾਬ ਪੁਲਿਸ ਨੇ ਸਬੰਧਤ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਉਸਨੂੰ ਵਾਪਸ ਪੰਜਾਬ ਲਿਆਉਣ ਲਈ ਹਵਾਲਗੀ (extradition) ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਹ ਮਾਮਲਾ ਫਿਲਹਾਲ ਵਿਚਾਰ ਅਧੀਨ ਹੈ ਅਤੇ ਨਿਰਧਾਰਤ ਕਾਨੂੰਨੀ ਪ੍ਰਕਿਰਿਆਵਾਂ ਅਨੁਸਾਰ ਅੱਗੇ ਵਧ ਰਿਹਾ ਹੈ।












