ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਚੱਲੀ ਵਿਸ਼ੇਸ਼ ਸਫ਼ਾਈ ਮੁਹਿੰਮ

ਚੰਡੀਗੜ੍ਹ ਪੰਜਾਬ

ਹਸਪਤਾਲਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰੱਖਣ ’ਚ ਲੋਕ ਵੀ ਸਾਥ ਦੇਣ : ਡਾ. ਸੰਗੀਤਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਕਤੂਬਰ,ਬੋਲੇ ਪੰਜਾਬ ਬਿਊਰੋ:

ਸਫ਼ਾਈ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਮੋਹਾਲੀ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਭਾਰਤ ਸਰਕਾਰ ਦੁਆਰਾ “ਸਪੈਸ਼ਲ ਕੰਪੇਨ-06, ਸਫ਼ਾਈ ਮੇਂ ਭਲਾਈ ਐਂਡ ਕਲੀਨ ਟੂ ਕੇਅਰ” ਦੇ ਨਾਹਰੇ ਹੇਠ ਚਲਾਈ ਗਈ ਇਸ ਮੁਹਿੰਮ ਵਿਚ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਹਿੰਮ ਤਹਿਤ ਸਿਹਤ ਸੰਸਥਾਵਾਂ ਦੇ ਅੰਦਰੂਨੀ ਅਤੇ ਬਾਹਰੀ ਖੇਤਰਾਂ, ਓਪੀਡੀ, ਮਰੀਜ਼ਾਂ ਦੇ ਵਾਰਡਾਂ, ਉਡੀਕ ਘਰਾਂ, ਦਫ਼ਤਰਾਂ, ਗਲਿਆਰਿਆਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਦੇ ਨਾਲ ਹੀ ਕੂੜੇ ਦੇ ਸਹੀ ਨਿਪਟਾਰੇ, ਕੂੜੇਦਾਨਾਂ ਦੀ ਵਰਤੋਂ ਅਤੇ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਡਾ. ਸੰਗੀਤਾ ਜੈਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਰੱਖਣਾ ਮਰੀਜ਼ਾਂ ਦੀ ਸੁਰੱਖਿਆ ਅਤੇ ਬੀਮਾਰੀਆਂ ਦੀ ਰੋਕਥਾਮ ਲਈ ਬਹੁਤ ਜ਼ਰੂਰੀ ਹੈ। ਸਾਫ਼-ਸੁਥਰਾ ਵਾਤਾਵਰਣ ਲਾਗਾਂ ਦੇ ਖ਼ਤਰੇ ਨੂੰ ਘਟਾਉਣ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਫ਼ਾਈ ਦੇ ਮਿਆਰਾਂ ਦੀ ਲਗਾਤਾਰ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ
ਕਿਹਾ ਕਿ ਸਿਹਤ ਸੰਸਥਾਵਾਂ ਨੂੰ ਸਾਫ਼-ਸੁਥਰਾ ਰੱਖਣਾ ਸਾਰੇ ਸਿਹਤ ਕਰਮਚਾਰੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਬੰਧੀ ਉਪਰਾਲੇ ਸਿਰਫ਼ ਵਿਸ਼ੇਸ਼ ਮੁਹਿੰਮ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਇਨ੍ਹਾਂ ਨੂੰ ਰੋਜ਼ਾਨਾ ਦੀ ਕਾਰਜ-ਪ੍ਰਣਾਲੀ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੂੜਾ ਇੱਧਰ-ਉੱਧਰ ਨਾ ਸੁੱਟਣ, ਕੂੜੇਦਾਨਾਂ ਦੀ ਵਰਤੋਂ ਕਰਨ ਅਤੇ ਸਫ਼ਾਈ ਬਣਾਈ ਰੱਖਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਬੁਨਿਆਦ ਹੈ ਅਤੇ ਹਰ ਵਿਅਕਤੀ ਨੂੰ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।