ਹੁਸ਼ਿਆਰਪੁਰ 2 ਨਵੰਬਰ ,ਬੋਲੇ ਪੰਜਾਬ ਬਿਊਰੋ;
ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਅੱਜ ਆਈ ਟੀ ਆਈ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਸਕੂਟਰੀ ’ਤੇ ਸਵਾਰ ਹੋ ਕੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇਕ ਨਿੱਜੀ ਹਸਪਤਾਲ ਜਾ ਰਹੇ ਸਨ, ਜਦੋਂ ਪਿੱਛਿਓਂ ਆਏ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਜਾਣਕਾਰੀ ਅਨੁਸਾਰ ਪਿੰਡ ਨਿਆੜਾ ਦੀ ਰਹਿਣ ਵਾਲੀ ਗਗਨਦੀਪ ਕੌਰ ਆਪਣੇ ਪੁੱਤਰ ਨਾਲ ਸਕੂਟਰੀ ’ਤੇ ਜਾ ਰਹੀ ਸੀ। ਜਦੋਂ ਉਹ ਆਈ ਟੀ ਆਈ ਨੇੜੇ ਪਹੁੰਚੇ ਤਾਂ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ ’ਤੇ ਪਹੁੰਚ ਗਏ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।ਉਧਰ, ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।












