ਮਾਨਸਾ 5 ਨਵੰਬਰ ,ਬੋਲੇ ਪੰਜਾਬ ਬਿਊਰੋ;
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ ਛੇ ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਅਤੇ ਉਨ੍ਹਾਂ ਦੀ ਰਿਹਾਈ ’ਤੇ ਸਿਰੋਪਾਓ ਭੇਟ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ।
ਮੀਡੀਆ ਨਾਲ ਗੱਲ ਕਰਦਿਆਂ ਲੱਖਾ ਅਤੇ ਮੋਹਨਜੀਤ ਨੇ ਕਿਹਾ ਕਿ ਉਨ੍ਹਾਂ ਦੇ ਹਿਰਾਸਤ ਵਿੱਚ ਹੋਣ ਦੌਰਾਨ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸਰਕਾਰ ਦਰਮਿਆਨ ਕੀ ਹੋਇਆ ਹੈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਹ ਇੱਥੋਂ ਸਿੱਧਾ ਮੋਰਚੇ ’ਤੇ ਹੀ ਜਾਣਗੇ। ਸਰਕਾਰ ਅਤੇ ਮੋਰਚੇ ਵਿਚਾਲੇ ਹੋਈ ਮੀਟਿੰਗ ਮਗਰੋਂ ਅੱਜ ਦੋਵਾਂ ਨੂੰ ਰਿਹਾਅ ਕੀਤਾ ਗਿਆ।ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਾਨਸਾ ਦੀ ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅਦਾਲਤ ਨੇ ਨਵੀਂ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਪਹਿਲਾਂ ਪੁਲੀਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਬਾਅਦ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਪੰਜ ਘੰਟੇ ਦੇ ਕਰੀਬ ਮੀਟਿੰਗ ਹੋਈ ਸੀ। ਇਸ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਦੌਰਾਨ ਲੱਖਾ ਸਿਧਾਣਾ ਅਤੇ ਹੋਰ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ।
ਸਮਝੌਤੇ ਤਹਿਤ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਸੀ। ਸੰਘਰਸ਼ ਕਮੇਟੀ ਨੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਤੱਕ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਹੋਇਆ ਸੀ।












