ਮਾਨਸਾ 8 ਨਵੰਬਰ ,ਬੋਲੇ ਪੰਜਾਬ ਬਿਊਰੋ;
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੇ ਕਤਲ ਪਿੱਛੇ ਪੰਜਾਬ ਸਰਕਾਰ, ਸਥਾਨਕ ਪੁਲੀਸ ਪ੍ਰਸ਼ਾਸਨ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਹੋਣ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਘਟਨਾ ਨੂੰ 28 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਅਸਲ ਕਾਤਲਾਂ ਅਤੇ ਇਸ ਕਥਿਤ ਸਿਆਸੀ ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਭੀਮ ਸਿੰਘ ਨੇ ਕਿਹਾ ਕਿ ਜਿਨ੍ਹਾਂ ਦੀ ਸਰਪ੍ਰਸਤੀ ਹੇਠ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ, ਉਹ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਇਸ ਮਾਮਲੇ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਉਦੋਂ ਤੱਕ ਇਨਸਾਫ਼ ਨਹੀਂ ਮਿਲੇਗਾ ਜਦੋਂ ਤੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸਿਆਸੀ ਸਾਜ਼ਿਸ਼ਕਰਤਾਵਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ।ਭੀਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਦਿਨ-ਬ-ਦਿਨ ਤਬਾਹ ਹੋ ਰਹੇ ਹਨ ਅਤੇ ਨਸ਼ਿਆਂ ਦਾ ਸ਼ਿਕਾਰ ਬਣ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ, ਖ਼ਾਸ ਕਰਕੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਨਸਾਫ਼ ਯਕੀਨੀ ਬਣਾਉਣ ਲਈ ਸਥਾਨਕ ਐੱਸਐੱਸਪੀ ਦਾ ਤੁਰੰਤ ਤਬਾਦਲਾ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸਿਆਸੀ ਆਗੂ ਸਬੰਧਤ ਪੁਲੀਸ ਅਧਿਕਾਰੀ ਨੂੰ ਬਚਾ ਰਹੇ ਹਨ, ਜਿਸ ਕਾਰਨ ਉਸ ਦਾ ਤਬਾਦਲਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮੰਗ ਹੈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।












